Punjab News: ਅਮਨ ਅਰੋੜਾ ਦੇ ਨਾਲ ਵਫ਼ਦ ਵਿੱਚ ਮੰਤਰੀ ਹਰਜੋਤ ਸਿੰਘ ਬੈਂਸ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਕੁਲਵੰਤ ਸਿੰਘ, ‘ਆਪ’ ਆਗੂ ਡਾਕਟਰ ਸੰਨੀ ਆਹਲੂਵਾਲੀਆ, ਗੁਰਪ੍ਰੀਤ ਸਿੰਘ ਜੀਪੀ ਅਤੇ ਪਰਮਿੰਦਰ ਗੋਲਡੀ ਸ਼ਾਮਲ ਸਨ।
Trending Photos
Punjab News: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੱਕ ਵਫ਼ਦ ਨੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੰਤਰੀ ਮੰਡਲ ਤੋਂ ਤੁਰੰਤ ਹਟਾਉਣ ਦੀ ਮੰਗ ਕਰਦਿਆਂ ਮੰਗ ਪੱਤਰ ਸੌਂਪਿਆ। ਇਹ ਮੰਗ ਪੱਤਰ ਸ਼ਾਹ ਵੱਲੋਂ ਡਾ. ਬੀ.ਆਰ. ਅੰਬੇਡਕਰ ਵਿਰੁੱਧ ਅਪਮਾਨਜਨਕ ਟਿੱਪਣੀਆਂ ਦੇ ਜਵਾਬ ਵਿੱਚ ਸੌਂਪਿਆ। ‘ਆਪ’ ਨੇ ਸੰਵਿਧਾਨ ਦੇ ਨਿਰਮਾਤਾ ‘ਤੇ ਹਮਲਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨਾਲ ਵਿਸ਼ਵਾਸਘਾਤ ਵਜੋਂ ਅਮਿਤ ਸ਼ਾਹ ਦੀ ਸਖ਼ਤ ਨਿੰਦਾ ਕੀਤੀ ਹੈ।
ਅਮਨ ਅਰੋੜਾ ਦੇ ਨਾਲ ਵਫ਼ਦ ਵਿੱਚ ਮੰਤਰੀ ਹਰਜੋਤ ਸਿੰਘ ਬੈਂਸ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਕੁਲਵੰਤ ਸਿੰਘ, ‘ਆਪ’ ਆਗੂ ਡਾਕਟਰ ਸੰਨੀ ਆਹਲੂਵਾਲੀਆ, ਗੁਰਪ੍ਰੀਤ ਸਿੰਘ ਜੀਪੀ ਅਤੇ ਪਰਮਿੰਦਰ ਗੋਲਡੀ ਸ਼ਾਮਲ ਸਨ।
ਰਾਜਪਾਲ ਨੂੰ ਮੰਗ ਪੱਤਰ ਸੋਪਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਡੂੰਘੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਅਸਵੀਕਾਰਨਯੋਗ ਹੈ ਕਿ ਗ੍ਰਹਿ ਮੰਤਰੀ ਵਰਗੇ ਉੱਚ ਸੰਵਿਧਾਨਕ ਅਹੁਦੇ ‘ਤੇ ਕਾਬਜ਼ ਕੋਈ ਵਿਅਕਤੀ ਭਾਰਤੀ ਇਤਿਹਾਸ ਦੀ ਇੱਕ ਮਹਾਨ ਹਸਤੀ ਅਤੇ ਸਾਡੇ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਬਾਰੇ ਇਸ ਤਰ੍ਹਾਂ ਦੀਆਂ ਅਪਮਾਨਜਨਕ ਟਿੱਪਣੀਆਂ ਕਰੇ। ਉਨ੍ਹਾਂ ਕਿਹਾ ਕਿ ਅੰਬੇਡਕਰ ਭਾਰਤੀ ਇਤਿਹਾਸ ਦੀ ਮਹਾਨ ਸ਼ਖ਼ਸੀਅਤ ਅਤੇ ਸਾਡੇ ਸੰਵਿਧਾਨ ਦੇ ਮੁੱਖ ਨਿਰਮਾਤਾ ਹਨ। ਇਸ ਨਾਲ ਪੰਜਾਬ ਦੇ ਲੋਕਾਂ ਸਮੇਤ ਸਾਰੇ ਭਾਰਤੀਆਂ ਵਿੱਚ ਭਾਰੀ ਰੋਸ ਹੈ। ਇਹ ਭਾਜਪਾ ਸਰਕਾਰ ਦੀ ਸੰਵਿਧਾਨਕ ਕਦਰਾਂ-ਕੀਮਤਾਂ ਪ੍ਰਤੀ ਸੋਚ ਨੂੰ ਦਰਸਾਉਂਦਾ ਹੈ।
ਅਰੋੜਾ ਨੇ ਕਿਹਾ ਕਿ ਸੰਵਿਧਾਨ ਦਾ ਮਸੌਦਾ ਭਾਰਤੀ ਲੋਕਤੰਤਰ ਦੀ ਨੀਂਹ ਹੈ, ਜੋ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਮੁੱਖ ਮੰਤਰੀਆਂ ਅਤੇ ਰਾਜਪਾਲਾਂ ਸਮੇਤ ਸਾਰੇ ਨੇਤਾਵਾਂ ਨੂੰ ਸੰਵਿਧਾਨਕ ਅਹੁਦਿਆਂ ‘ਤੇ ਰਹਿਣ ਦੇ ਯੋਗ ਬਣਾਉਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਅਮਿਤ ਸ਼ਾਹ ਨੂੰ ਉਨ੍ਹਾਂ ਦੀ ‘ ਘਟੀਆ ਸ਼ਬਦਾਵਲੀ ਅਤੇ ਅਪਮਾਨਜਨਕ ਟਿੱਪਣੀ ਲਈ ਕੇਂਦਰੀ ਮੰਤਰੀ ਮੰਡਲ ਤੋਂ ਤੁਰੰਤ ਹਟਾਇਆ ਜਾਵੇ। ਰਾਜਪਾਲ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਮੰਗ ਪੱਤਰ ਭਾਰਤ ਦੇ ਰਾਸ਼ਟਰਪਤੀ ਨੂੰ ਭੇਜ ਦਿੱਤਾ ਜਾਵੇਗਾ।
ਅਰੋੜਾ ਨੇ ਕਿਹਾ ਕਿ ਅਮਿਤ ਸ਼ਾਹ ਦੀਆਂ ਟਿੱਪਣੀਆਂ ਵਿਰੁੱਧ ‘ਆਪ’ ਵਰਕਰਾਂ ਅਤੇ ਨੇਤਾਵਾਂ ਵੱਲੋਂ ਪੰਜਾਬ ਭਰ ਦੇ ਜ਼ਿਲ੍ਹਾ ਹੈਡਕੁਆਰਟਰਾਂ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜੋ ਕਿ ਲੋਕਾਂ ਵਿੱਚ ਵਿਆਪਕ ਗ਼ੁੱਸੇ ਅਤੇ ਰੋਸ ਨੂੰ ਦਰਸਾਉਂਦਾ ਹੈ।
‘ਆਪ’ ਵਫ਼ਦ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ ਮੁੱਦਾ ਵੀ ਉਠਾਇਆ, ਜੋ ਪਿਛਲੇ 24 ਦਿਨਾਂ ਤੋਂ ਅਣਮਿਥੇ ਸਮੇਂ ਲਈ ਮਰਨ ਵਰਤ ‘ਤੇ ਹਨ। ਅਰੋੜਾ ਨੇ ਰਾਜਪਾਲ ਨੂੰ ਦਖ਼ਲ ਦੇਣ ਅਤੇ ਕੇਂਦਰ ਸਰਕਾਰ ‘ਤੇ ਪੰਜਾਬ ਦੇ ਕਿਸਾਨਾਂ ਅਤੇ ਉਨ੍ਹਾਂ ਦੀਆਂ ਜਥੇਬੰਦੀਆਂ ਨਾਲ ਮੁੜ ਗੱਲਬਾਤ ਸ਼ੁਰੂ ਕਰਨ ਲਈ ਦਬਾਅ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ, ਜਿਨ੍ਹਾਂ ਦਾ ਕੇਂਦਰ ਨੇ ਪਹਿਲਾਂ ਵਾਅਦਾ ਕੀਤਾ ਸੀ, ਨੂੰ ਬਿਨਾਂ ਕਿਸੇ ਦੇਰੀ ਤੋਂ ਪੂਰਾ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ। ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨਾ ਅਤੇ ਪਿਛਲੇ ਵਾਅਦਿਆਂ ਨੂੰ ਤੋੜਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੇ ਮਸਲੇ ਹੱਲ ਕਰਨ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਰਾਖੀ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ।