ਪੰਜਾਬ ਦੇ ਜੀਰਾ ’ਚ ਲੱਗੀ ਮਾਲਬ੍ਰੋਜ ਸ਼ਰਾਬ ਫੈਕਟਰੀ ਨੂੰ ਲੈਕੇ ਪਿਛਲੇ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਕਿਸਾਨ ਲੰਬੇ ਸਮੇਂ ਤੋਂ ਫੈਕਟਰੀ ਦੇ ਗੇਟ ਅੱਗੇ ਪ੍ਰਦਰਸ਼ਨ ਕਰ ਰਹੇ ਸਨ।
Trending Photos
Zira Liquor Factory News: ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ, ਗੋਵਿੰਦਰ ਮਿੱਤਲ ਅਤੇ ਹਰਚੰਦ ਸਿੰਘ ਬਰਸਟ ਨੇ ਪੰਜਾਬ ਸਰਕਾਰ ਵਲੋਂ ਜੀਰਾ ਸ਼ਰਾਬ ਫੈਕਟਰੀ ਬੰਦ ਕੀਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।
ਇਸ ਸਬੰਧ ’ਚ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫ਼ਤਰ ’ਚ ਪ੍ਰੈਸ-ਕਾਨਫ਼ਰੰਸ ਦੌਰਾਨ ਨੀਲ ਗਰਗ ਨੇ ਕਿਹਾ ਪੰਜਾਬ ਸਰਕਾਰ ਆਮ ਲੋਕਾਂ ਅਤੇ ਕਿਸਾਨਾਂ ਦੀ ਹਿਤੈਸ਼ੀ ਹੈ, ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੀ ਇੱਛਾ ਸ਼ਕਤੀ ਹੋਵੇ ਤਾਂ ਕੋਈ ਵੀ ਫ਼ੈਸਲਾ ਅਸੰਭਵ ਨਹੀਂ ਹੁੰਦਾ।
ਨੀਲ ਗਰਗ ਨੇ ਕਿਹਾ ਕਿ CM ਭਗਵੰਤ ਮਾਨ ਦੇ ਇਸ ਫੈਸਲੇ ਦਾ ਸਵਾਗਤ ਹੈ। ਸਾਡੇ ਮੁੱਖ ਮੰਤਰੀ ਖ਼ੁਦ ਕਿਸਾਨ ਪਰਿਵਾਰ ਵਿੱਚੋਂ ਆਉਂਦੇ ਹਨ, ਇਸ ਲਈ ਉਹ ਕਿਸਾਨਾਂ ਦੇ ਦੁੱਖ-ਦਰਦ ਨੂੰ ਚੰਗੀ ਤਰ੍ਹਾਂ ਜਾਣਦੇ ਅਤੇ ਸਮਝਦੇ ਹਨ।
ਗਰਗ ਨੇ ਕਿਹਾ ਕਿ ਇਹ ਕੋਈ ਪਹਿਲੀ ਵਾਰ ਨਹੀਂ ਹੈ, ਬਲਕਿ ਇਸ ਤੋਂ ਪਹਿਲਾਂ ਵੀ ਸੂਬੇ ਦੇ ਵਾਤਾਵਰਣ ਅਤੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਮਾਨ ਕਈ ਇਤਿਹਾਸਕ ਫ਼ੈਸਲੇ ਲੈ ਚੁੱਕੇ ਹਨ। ਮੁੱਖ ਮੰਤਰੀ ਬਣਨ ਤੋਂ ਕੁਝ ਦਿਨ ਬਾਅਦ ਉਨ੍ਹਾਂ ਪੰਜਾਬ ਵਿੱਚ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਅਤੇ ਆਰਥਿਕ ਮਦਦ ਦੇ ਕੇ ਉਤਸ਼ਾਹਿਤ ਕੀਤਾ।
ਉਸ ਤੋਂ ਬਾਅਦ ਮੱਤੇਵਾੜਾ ਜੰਗਲ ’ਚ ਲਗਾਏ ਜਾਣ ਵਾਲੇ ਟੈਕਸਟਾਈਲ ਪਾਰਕ ਯੋਜਨਾ ਨੂੰ ਰੱਦ ਕਰ ਪੰਜਾਬ ਪੱਖੀ ਹੋਣ ਦਾ ਸਬੂਤ ਦਿੱਤਾ। ਹੁਣ CM ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦਾ ਫੈਸਲਾ ਲੈ ਕੇ ਫਿਰ ਤੋਂ ਪੰਜਾਬ ਦੀ ਖੇਤੀ ਅਤੇ ਵਾਤਾਵਰਨ ਪ੍ਰਤੀ ਆਪਣੀ ਵਚਨਬੱਧਤਾ ਦਿਖਾਈ ਹੈ।
ਦੱਸ ਦੇਈਏ ਕਿ ਬੀਤੇ ਕੱਲ੍ਹ ਮੁੱਖ ਮੰਤਰੀ ਮਾਨ ਨੇ ਆਪਣੇ ਟਵਿੱਟਰ ਅਕਾਊਂਟ ਤੇ ਟਵੀਟ ਕਰ ਇਸ ਸਬੰਧੀ ਜਾਣਕਾਰੀ ਦਿੱਤੀ ਸੀ, ਉਨ੍ਹਾਂ ਕਿਹਾ ਕੀ ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ। ਭਵਿੱਖ ’ਚ ਜੋ ਵੀ ਪੰਜਾਬ ਦੀ ਜਲਵਾਯੂ ਅਤੇ ਆਬੋ-ਹਵਾ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਲਈ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲੋਕਹਿੱਤ ’ਚ ਇਹ ਫ਼ੈਸਲਾ ਲਿਆ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਦੇ ਜੀਰਾ ’ਚ ਲੱਗੀ ਮਾਲਬ੍ਰੋਜ ਸ਼ਰਾਬ ਫੈਕਟਰੀ (Mallbros Liquor Factory) ਨੂੰ ਲੈਕੇ ਪਿਛਲੇ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਕਿਸਾਨ ਲੰਬੇ ਸਮੇਂ ਤੋਂ ਫੈਕਟਰੀ ਦੇ ਗੇਟ ਅੱਗੇ ਪ੍ਰਦਰਸ਼ਨ ਕਰ ਰਹੇ ਸਨ, ਦਰਅਸਲ ਕਿਸਾਨਾਂ ਦਾ ਕਹਿਣਾ ਸੀ ਕਿ ਸ਼ਰਾਬ ਫੈਕਟਰੀ ਕਾਰਨ ਪਾਣੀ ਦੂਸ਼ਿਤ ਹੋ ਰਿਹਾ ਹੈ ਜਿਸ ਨਾਲ ਆਮ ਲੋਕਾਂ ਦੀ ਜ਼ਿੰਦਗੀ ਨੂੰ ਖ਼ਤਰਾ ਹੈ।
ਇਹ ਵੀ ਪੜ੍ਹੋ: ਮਨਪ੍ਰੀਤ ਬਾਦਲ ’ਤੇ ਰਾਜਾ ਵੜਿੰਗ ਦਾ ਤੰਜ, "ਚੰਗਾ ਹੋਇਆ ਖਹਿੜਾ ਛੁੱਟਿਆ, ਉਹ ਪੈਦਾਇਸ਼ੀ ਸੱਤਾ ਦਾ ਭੁੱਖਾ"