Fazilka News: ਅਮਨ ਅਰੋੜਾ ਨੇ ਇਲਾਕੇ ਵਿੱਚ ਸੇਮ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਇਸ ਦੇ ਨਿਪਟਾਰੇ ਲਈ ਪ੍ਰਤੀਬੱਧ ਹੈ ਅਤੇ 100 ਕਰੋੜ ਰੁਪਏ ਦਾ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ।
Trending Photos
Fazilka News: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਅਬੋਹਰ ਇਲਾਕੇ ਵਿੱਚ ਕਿੰਨੂ ਅਧਾਰਿਤ ਇੰਡਸਟਰੀ ਨੂੰ ਉਤਸਾਹਿਤ ਕੀਤਾ ਜਾਵੇਗਾ। ਉਹ ਅੱਜ ਅਬੋਹਰ ਦੌਰੇ ਦੌਰਾਨ ਸਾਬਕਾ ਵਿਧਾਇਕ ਅਰੁਣ ਨਾਰੰਗ ਦੇ ਘਰ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
ਅਮਨ ਅਰੋੜਾ ਨੇ ਇਸ ਮੌਕੇ ਆਖਿਆ ਕਿ ਕਿੰਨੂ ਫਾਜ਼ਿਲਕਾ ਜ਼ਿਲ੍ਹੇ ਦਾ ਪ੍ਰਮੁੱਖ ਫਲ ਹੈ ਅਤੇ ਸੂਬਾ ਸਰਕਾਰ ਵੱਲੋਂ ਇੱਥੇ ਕਿਨੂੰ ਅਧਾਰਤ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਉਪਰਾਲੇ ਆਰੰਭੇ ਗਏ ਹਨ। ਉਹਨਾਂ ਨੇ ਕਿਹਾ ਕਿ ਇੱਥੇ ਕਿੰਨੂੰ ਅਧਾਰਤ ਜੋ ਕੋਈ ਵੀ ਇੰਡਸਟਰੀ ਲਗਾਉਣਾ ਚਾਹੇਗਾ ਤਾਂ ਉਸ ਨੂੰ ਸਰਕਾਰ ਵੱਲੋਂ ਸਾਰੀਆਂ ਪ੍ਰਵਾਨਗੀਆਂ ਪਹਿਲ ਦੇ ਅਧਾਰ ਤੇ ਦਿੱਤੀਆਂ ਜਾਣਗੀਆਂ।
ਇਸ ਮੌਕੇ ਉਹਨਾਂ ਨੇ ਇਲਾਕੇ ਵਿੱਚ ਸੇਮ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਇਸ ਦੇ ਨਿਪਟਾਰੇ ਲਈ ਪ੍ਰਤੀਬੱਧ ਹੈ ਅਤੇ 100 ਕਰੋੜ ਰੁਪਏ ਦਾ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ।
ਉਹਨਾਂ ਨੇ ਇਸ ਮੌਕੇ ਆਖਿਆ ਕਿ ਅੰਡਰਗਰਾਊਂਡ ਪਾਈਪਲਾਈਨ ਪਾਉਣ ਦੇ ਪ੍ਰੋਜੈਕਟ ਵੀ ਚਲਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਹੋ ਸਕੇ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਦੇਣ ਲਈ ਵਚਨਬੱਧ ਹੈ ਤਾਂ ਜੋ ਸਾਡੇ ਕਿਸਾਨਾਂ ਦੀ ਆਮਦਨ ਵੱਧ ਸਕੇ। ਇਸ ਮੌਕੇ ਉਨਾਂ ਨੇ ਸਥਾਨਕ ਹਸਪਤਾਲ ਵਿੱਚ ਡਾਕਟਰਾਂ ਦੀ ਤਾਇਨਾਤੀ ਕਰਨ ਦਾ ਵੀ ਭਰੋਸਾ ਦਿੱਤਾ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲ ਰਹੀ ਹੈ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਹਨਾਂ ਨੇ ਐਲਾਨ ਕੀਤਾ ਕਿ ਅਬੋਹਰ ਦੇ ਬਕਾਇਆ ਪਏ ਵਿਕਾਸ ਕੰਮ ਪਹਿਲ ਦੇ ਅਧਾਰ ਤੇ ਹੋਣਗੇ ਅਤੇ ਇੱਥੇ ਬਣਨ ਵਾਲੇ ਰੇਲਵੇ ਅੰਡਰ ਬ੍ਰਿਜ ਦਾ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼ ਵੀ ਉਹਨਾਂ ਨੇ ਅਧਿਕਾਰੀਆਂ ਨੂੰ ਦਿੱਤੇ।
ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਹਲਕੇ ਦੀਆਂ ਮੰਗਾਂ ਉਹਨਾਂ ਦੇ ਸਨਮੁੱਖ ਰੱਖੀਆਂ। ਇਸ ਮੌਕੇ ਜਿਲ੍ਹਾ ਪ੍ਰਧਾਨ ਸੁਨੀਲ ਸਚਦੇਵਾ, ਐਡਵੋਕੇਟ ਹਰਪ੍ਰੀਤ ਸਿੰਘ, ਐਡਵੋਕੇਟ ਇੰਦਰਜੀਤ ਸਿੰਘ ਬਜਾਜ, ਉਪਕਾਰ ਸਿੰਘ ਜਾਖੜ ਸਮੇਤ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।।