Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿੱਚ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦੀ ਗਈ ਹੈ।
Trending Photos
Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿੱਚ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਪੰਥਕ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਵੱਲੋਂ ਮੁਆਫੀਨਾਮੇ ਅਤੇ ਵਿਰੋਧੀ ਧਿਰ ਦੇ ਮੁਆਫ਼ੀਨਾਮੇ ਦੇ ਮੱਦੇਨਜ਼ਰ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।
ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਬਿਆਨ ਰਾਹੀਂ ਦੱਸਿਆ ਜਾਂਦਾ ਹੈ ਕਿ 30 ਅਗਸਤ 2024, ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਮੁਕੱਰਰ ਹੋਈ ਹੈ, ਜਿਸ ਦੇ ਵਿਚ ਕੁਝ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਮੀਟਿੰਗ 'ਚ ਸ਼੍ਰੋਮਣੀ ਅਕਾਲੀ 'ਚ ਚੱਲ ਰਹੇ ਵਿਵਾਦ ਤੋਂ ਬਾਅਦ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ 'ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰੀਬ 1 ਕਰੋੜ ਰੁਪਏ ਦੇ ਇਸ਼ਤਿਹਾਰਾਂ ਦੇ ਮਾਮਲੇ ਵਿੱਚ ਦਿੱਤੇ ਗਏ ਸਪੱਸ਼ਟੀਕਰਨ 'ਤੇ ਵੀ ਵਿਚਾਰ ਕੀਤਾ ਜਾਵੇਗਾ।
ਦੱਸ ਦੇਈਏ ਕਿ ਕਰੀਬ ਦੋ ਹਫ਼ਤੇ ਪਹਿਲਾਂ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਸਪੱਸ਼ਟੀਕਰਨ ਸੌਂਪਿਆ ਸੀ। ਇਹ ਸਪੱਸ਼ਟੀਕਰਨ ਵੀ ਕੱਲ੍ਹ ਜਨਤਕ ਹੋ ਗਿਆ। ਇਸ ਤੋਂ ਬਾਅਦ ਨਵਾਂ ਵਿਵਾਦ ਖੜ੍ਹਾ ਹੋ ਗਿਆ।
ਸੁਖਬੀਰ ਬਾਦਲ ਨੇ ਸਪੱਸ਼ਟੀਕਰਨ ਦਿੰਦਿਆਂ ਬੇਅਦਬੀ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਲੈਂਦਿਆਂ ਡੇਰਾ ਮੁਖੀ ਨੂੰ ਮੁਆਫ਼ ਕਰਨ ਦੀ ਗੱਲ ਆਖੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ਼ਤਿਹਾਰ ਜਾਰੀ ਕਰਨ ਦਾ ਫੈਸਲਾ ਸਾਬਕਾ ਜਥੇਦਾਰ ਅਵਤਾਰ ਸਿੰਘ ਮੱਕੜ ਦੇ ਹੁਕਮਾਂ 'ਤੇ ਲਿਆ ਗਿਆ ਹੈ।
ਪ੍ਰੇਮ ਸਿੰਘ ਚੰਦੂਮਾਜਰਾ ਸੁਖਬੀਰ ਬਾਦਲ ਖਿਲਾਫ ਅਕਾਲੀ ਦਲ ਦੇ ਬਾਗੀ ਧੜੇ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਦੇ ਨਾਲ ਸਿਕੰਦਰ ਮਲੂਕਾ, ਸੁਰਜੀਤ ਰੱਖੜਾ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਕਿਰਨਜੋਤ ਕੌਰ, ਮਨਜੀਤ ਸਿੰਘ, ਸੁਰਿੰਦਰ ਭੁੱਲੇਵਾਲ ਰਾਠਾਂ, ਗੁਰਪ੍ਰਤਾਪ ਵਡਾਲਾ, ਚਰਨਜੀਤ ਬਰਾੜ, ਹਰਿੰਦਰ ਪਾਲ ਟੌਹੜਾ ਅਤੇ ਗਗਨਜੀਤ ਬਰਨਾਲਾ ਵੀ ਹਨ।