Amritsar News: ਬੀਤੇ ਦਿਨ ਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਨਾਲ ਹੋਈ ਛੇੜਛਾੜ ਤੋਂ ਬਾਅਦ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਕਾਂਗਰਸੀ ਆਗੂ ਰਾਜਕੁਮਾਰ ਵੇਰਕਾ ਘਟਨਾ ਸਥਾਨ ਉਤੇ ਪੁੱਜੇ।
Trending Photos
Amritsar News: ਬੀਤੇ ਦਿਨ ਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਨਾਲ ਹੋਈ ਛੇੜਛਾੜ ਤੋਂ ਬਾਅਦ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਕਾਂਗਰਸੀ ਆਗੂ ਰਾਜਕੁਮਾਰ ਵੇਰਕਾ ਘਟਨਾ ਸਥਾਨ ਉਤੇ ਪੁੱਜੇ। ਉਨ੍ਹਾਂ ਨੇ ਬਾਬਾ ਸਾਹਿਬ ਦੀ ਮੂਰਤੀ ਦੀ ਦੁੱਧ ਨਾਲ ਸਫ਼ਾਈ ਕੀਤੀ। ਇਸ ਦੌਰਾਨ ਦੋਵਾਂ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਬਾਬਾ ਸਾਹਿਬ ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਕਾਰਨ ਸ਼ਹਿਰ ਦਾ ਸਿਆਸੀ ਤਾਪਮਾਨ ਵੱਧਦਾ ਜਾ ਰਿਹਾ ਹੈ। ਜਿੱਥੇ ਜਥੇਬੰਦੀਆਂ ਦੇ ਸੱਦੇ 'ਤੇ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ, ਉਥੇ ਹੀ ਇਸ ਘਟਨਾ ਤੋਂ ਬਾਅਦ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨੂੰ ਦੁੱਧ ਨਾਲ ਇਸ਼ਨਾਨ ਕਰਨ ਲਈ ਮੌਕੇ 'ਤੇ ਪਹੁੰਚੇ।
ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਕੀਤੇ ਜਾਣ ਦੇ ਰੋਸ ਵਜੋਂ ਅੰਮ੍ਰਿਤਸਰ ਦੀਆਂ ਵੱਖ-ਵੱਖ ਜਥੇਬੰਦੀਆਂ, ਰਾਜਨੀਤਿਕ, ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਭੰਡਾਰੀ ਪੁਲ ਜਾਮ ਕਰਕੇ ਪੰਜਾਬ ਸਰਕਾਰ ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਮਾਮਲੇ ਵਿਚ ਬਾਰੀਕੀ ਨਾਲ ਜਾਂਚ ਕਰਕੇ ਇਸ ਸਾਜਿਸ਼ ਦਾ ਪਰਦਾਫਾਸ਼ ਕਰਨ ਦੀ ਮੰਗ ਕੀਤੀ ਗਈ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਿਹੜੇ ਵੀ ਸ਼ਰਾਰਤੀ ਅਨਸਰਾਂ ਵਲੋਂ ਇਹ ਘਟਨਾ ਕੀਤੀ ਗਈ ਹੈ, ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਵਿਅਕਤੀ ਨੂੰ ਸਖਤ ਤੋਂ ਸਖਤ ਸਜ਼ਾ ਨਾ ਦਿੱਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਪੋਸਟ ਵਿੱਚ ਲਿਖਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਨ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਨੂੰ ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।