Emergency Film: ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਨੂੰ ਪੰਜਾਬ ਵਿੱਚ ਰਿਲੀਜ਼ ਹੋਣ ਤੋਂ ਰੋਕਣ ਲਈ ਹਾਈ ਕੋਰਟ ਦਾ ਰੁਖ ਕੀਤਾ ਗਿਆ ਹੈ।
Trending Photos
Emergency Film: ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਨੂੰ ਪੰਜਾਬ ਵਿੱਚ ਰਿਲੀਜ਼ ਹੋਣ ਤੋਂ ਰੋਕਣ ਲਈ ਹਾਈ ਕੋਰਟ ਦਾ ਰੁਖ ਕੀਤਾ ਗਿਆ ਹੈ। ਐਡਵੋਕੇਟ ਇਮਾਨ ਸਿੰਘ ਖਾਰਾ ਨੇ ਪਟੀਸ਼ਨ ਦਾਇਰ ਕੀਤੀ ਹੈ।
ਐਮਰਜੈਂਸੀ ਫਿਲਮ ਉਤੇ ਰੋਕ ਲਗਾਉਣ ਲਈ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ (ਪੀਆਈਐਲ) ਪਟੀਸ਼ਨ ਪਾਈ ਗਈ ਹੈ। ਪਟੀਸ਼ਨਕਰਤਾ ਗੁਰਿੰਦਰ ਸਿੰਘ ਅਤੇ ਜਗਮੋਹਨ ਸਿੰਘ ਨੇ ਐਡਵੋਕੇਟ ਇਮਾਨ ਸਿੰਘ ਖਾਰਾ ਅਤੇ ਐਡਵੋਕੇਟ ਦਪਿੰਦਰ ਸਿੰਘ ਵਿਰਕ ਜ਼ਰੀਏ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ।
ਇਸ ਪਟੀਸ਼ਨ ਵਿੱਚ ਉਨ੍ਹਾਂ ਕਿਹਾ ਕਿ ਕੰਗਨਾ ਨੇ ਫਿਲਮ ਵਿੱਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ। ਇਸ 'ਤੇ 1-2 ਦਿਨਾਂ 'ਚ ਸੁਣਵਾਈ ਹੋ ਸਕਦੀ ਹੈ। ਪਟੀਸ਼ਨ ਦਾਇਰ ਕਰਨ ਵਾਲੀ ਇਮਾਨ ਖਾਰਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੇ ਵਕੀਲ ਵੀ ਹਨ।
ਮੁਹਾਲੀ ਦੇ ਗੁਰਿੰਦਰ ਸਿੰਘ ਤੇ ਗੁਰਮੋਹਨ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਇਸ ਫਿਲਮ ਦੀ ਰਿਲੀਜ਼ ਉਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਪਟੀਸ਼ਨ 'ਚ ਦੋਸ਼ ਲਾਇਆ ਗਿਆ ਹੈ ਕਿ ਇਸ ਫਿਲਮ 'ਚ ਸਿੱਖ ਭਾਈਚਾਰੇ ਨੂੰ ਗਲਤ ਢੰਗ ਨਾਲ ਦਿਖਾਇਆ ਗਿਆ ਹੈ, ਇਸ ਲਈ ਨਾ ਸਿਰਫ਼ ਇਸ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾਈ ਜਾਵੇ ਸਗੋਂ ਇਸ ਫਿਲਮ ਨੂੰ ਪਾਸ ਕਰਨ ਤੋਂ ਬਾਅਦ ਸੈਂਸਰ ਬੋਰਡ ਵੱਲੋਂ ਜਾਰੀ ਸਰਟੀਫਿਕੇਟ ਵੀ ਰੱਦ ਕੀਤਾ ਜਾਵੇ।
ਦੋਵਾਂ ਪਟੀਸ਼ਨਰਾਂ ਨੇ ਮੰਗ ਕੀਤੀ ਹੈ ਕਿ ਇਸ ਫਿਲਮ ਨੂੰ ਰਿਲੀਜ਼ ਕਰਨ ਤੋਂ ਪਹਿਲਾਂ ਮਾਹਿਰਾਂ ਦਾ ਪੈਨਲ ਬਣਾਇਆ ਜਾਵੇ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਸ਼ਾਮਲ ਕੀਤੇ ਜਾਣ ਜੋ ਫਿਲਮ ਨੂੰ ਪਹਿਲਾਂ ਦੇਖਣ ਤੇ ਇਸ ਦੇ ਸਾਰੇ ਵਿਵਾਦਤ ਦ੍ਰਿਸ਼ ਰਿਲੀਜ਼ ਤੋਂ ਪਹਿਲਾਂ ਹਟਾਏ ਜਾਣ। ਇਹ ਪਟੀਸ਼ਨ ਅੱਜ ਹਾਈ ਕੋਰਟ 'ਚ ਦਾਇਰ ਕੀਤੀ ਗਈ ਹੈ ਜਿਸ ਉਤੇ ਹਾਈ ਕੋਰਟ ਵੱਲੋਂ ਇੱਕ-ਦੋ ਦਿਨਾਂ 'ਚ ਸੁਣਵਾਈ ਕੀਤੀ ਜਾ ਸਕਦੀ ਹੈ।
ਇਸ ਦੇ ਨਾਲ ਹੀ ਬਠਿੰਡਾ ਵਿੱਚ ਸਿੱਖਾਂ ਨੇ ਥੀਏਟਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਕੰਗਨਾ ਰਣੌਤ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ। ਸਿੱਖਾਂ ਦਾ ਕਹਿਣਾ ਹੈ ਕਿ ਫਿਲਮ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।
ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਵੀ ਪੰਚਕੂਲਾ ਵਿੱਚ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਕਿਹਾ ਕਿ ਪਾਰਟੀ ਕਿਸਾਨਾਂ ਦੇ ਸਨਮਾਨ ਨਾਲ ਖਿਲਵਾੜ ਬਰਦਾਸ਼ਤ ਨਹੀਂ ਕਰੇਗੀ।