Amritsar News: ਜਥੇਦਾਰ ਅਕਾਲ ਤਖਤ ਸਾਹਿਬ ਨੇ 28 ਜਨਵਰੀ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ।
Trending Photos
Amritsar News: ਜਥੇਦਾਰ ਅਕਾਲ ਤਖਤ ਸਾਹਿਬ ਨੇ 28 ਜਨਵਰੀ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 28 ਜਨਵਰੀ ਨੂੰ ਬੁਲਾਈ ਗਈ ਹੈ। ਪ੍ਰਾਪਤ ਵੇਰਵੇ ਅਨੁਸਾਰ ਸਵੇਰੇ 11 ਵਜੇ ਹੋਣ ਵਾਲੀ ਇਸ ਇਕੱਤਰਤਾ ਵਿਚ ਅਹਿਮ ਅਤੇ ਭਖਦੇ ਪੰਥਕ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ।
ਭਾਵੇਂ ਕਿ ਇਸ ਇਕੱਤਰਤਾ ਦੇ ਏਜੰਡੇ ਬਾਰੇ ਅਜੇ ਸਪੱਸ਼ਟ ਨਹੀਂ ਹੈ ਪਰ ਸਮਝਿਆ ਜਾਂਦਾ ਹੈ ਕਿ ਇਸ ਇਕੱਤਰਤਾ ਵਿਚ ਅਕਾਲੀ ਦਲ ਦੀ ਭਰਤੀ ਅਤੇ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕੀਤੀ ਗਈ 11 ਮੈਂਬਰੀ ਕਮੇਟੀ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਅਹਿਮ ਪੰਥਕ ਮੁੱਦਿਆਂ ਬਾਰੇ ਸਿੰਘ ਸਾਹਿਬਾਨ ਵੱਲੋਂ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ 2 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਏ ਜਾਣ ਤੋਂ ਬਾਅਦ ਜਥੇਦਾਰਾਂ ਦੀ ਇਹ ਪਹਿਲੀ ਮੀਟਿੰਗ ਹੋਵੇਗੀ।
ਗਿਆਨੀ ਹਰਪ੍ਰੀਤ ਸਿੰਘ 'ਤੇ ਨਜ਼ਰਾਂ
ਦਰਅਸਲ ਬੀਤੇ ਕੁਝ ਮਹੀਨਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਵਿਵਾਦਾਂ ਦੇ ਨਾਲ-ਨਾਲ ਗਿਆਨੀ ਹਰਪ੍ਰੀਤ ਸਿੰਘ ਵੀ ਵਿਵਾਦਾਂ 'ਚ ਘਿਰੇ ਹੋਏ ਨਜ਼ਰ ਆਏ। ਇਸ ਤਹਿਤ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਦੌਰਾਨ ਉਨ੍ਹਾਂ ਦੀ ਥਾਂ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਨੂੰ ਜ਼ਿੰਮੇਵਾਰੀ ਸੌਂਪੀ ਗਈ ਸੀ।
ਹਾਲਾਂਕਿ ਇਸ ਪੂਰੇ ਮਾਮਲੇ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਕਿਹਾ ਸੀ ਕਿ ਆਉਣ ਵਾਲੇ ਸਮੇਂ 'ਚ ਕਿਸੀ ਵੀ ਤਰ੍ਹਾਂ ਦੀ ਕੋਈ ਮੀਟਿੰਗ ਹੁੰਦੀ ਹੈ ਤਾਂ ਉਹ ਇਸ ਦਾ ਹਿੱਸਾ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਦੀ ਨਿਗਰਾਨੀ ਸਬੰਧੀ ਇੱਕ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਫ਼ੈਸਲੇ ਨੂੰ ਅਣਦੇਖਿਆ ਕਰ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਭਰਤੀ ਮੁਹਿੰਮ 20 ਜਨਵਰੀ ਤੋਂ ਸ਼ੁਰੂ ਕਰ ਦਿੱਤੀ ਗਈ ਹੈ।
ਇਸੇ ਮਾਮਲੇ ਨੂੰ ਲੈ ਕੇ ਨਰਾਜ਼ ਧੜੇ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਇੱਕ ਵਫਦ ਵੀ ਬੀਤੇ ਕੱਲ੍ਹ ਜਥੇਦਾਰ ਨੂੰ ਮਿਲਣ ਲਈ ਪਹੁੰਚਿਆ ਅਤੇ ਇੱਕ ਪੱਤਰ ਸੌਂਪਿਆ ਗਿਆ। ਇਸ ਪੱਤਰ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਉਤੇ ਸ੍ਰੀ ਅਕਾਲ ਤਖ਼ਤ ਦੇ ਹੁਕਮਨਾਮੇ ਨੂੰ ਅਣਦੇਖਿਆ ਕਰਨ ਦਾ ਦੋਸ਼ ਲਾਇਆ ਗਿਆ ਹੈ। ਇਸ ਤੋਂ ਇਲਾਵਾ ਕੁਝ ਹੋਰ ਵੀ ਗੰਭੀਰ ਦੋਸ਼ ਲਾਏ ਗਏ ਹਨ ਅਤੇ ਇਸ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਖਿਲਾਫ਼ ਕਾਰਵਾਈ ਦੀ ਅਪੀਲ ਕੀਤੀ ਗਈ ਹੈ।