Punjab News: ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਇੱਕ ਪ੍ਰਮੁੱਖ ਸੈਰ-ਸਪਾਟਾ ਕੇਂਦਕ ਵਜੋਂ ਆਪਣੀ ਪਛਾਣ ਮੁੜ ਬਹਾਲ ਕਰ ਰਿਹਾ ਹੈ।
Trending Photos
Punjab News: ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ 'ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਹ ਮੇਲੇ ਅਤੇ ਤਿਉਹਾਰ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਰਹੇ ਹਨ। ਇਸ ਸਾਲ ਦੀ ਸ਼ੁਰੂਆਤ ਫਿਰੋਜ਼ਪੁਰ ਵਿੱਚ ਬਸੰਤ ਮੇਲਾ, ਕਿਲ੍ਹਾ ਰਾਏਪੁਰ ਵਿੱਚ ਪੇਂਡੂ ਓਲੰਪਿਕ ਅਤੇ ਪਟਿਆਲਾ ਵਿੱਚ ਪਟਿਆਲਾ ਹੈਰੀਟੇਜ਼ ਫੈਸਟੀਵਲ ਵਰਗੇ ਸਮਾਗਮਾਂ ਨਾਲ ਹੋਈ। ਇਹ ਜਸ਼ਨ ਨਾ ਸਿਰਫ਼ ਪੰਜਾਬ ਦੀ ਅਮੀਰ ਵਿਰਾਸਤ ਅਤੇ ਪ੍ਰੰਪਰਾਵਾਂ ਦੀ ਝਲਕ ਪੇਸ਼ ਕਰਦੇ ਹਨ ਬਲਕਿ ਸੂਬੇ ਨੂੰ ਚੋਟੀ ਦੇ ਸੈਲਾਨੀ ਕੇਂਦਰ ਵਜੋਂ ਵੀ ਸਥਾਪਿਤ ਕਰਦੇ ਹਨ।
ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਇੱਕ ਪ੍ਰਮੁੱਖ ਸੈਰ-ਸਪਾਟਾ ਕੇਂਦਕ ਵਜੋਂ ਆਪਣੀ ਪਛਾਣ ਮੁੜ ਬਹਾਲ ਕਰ ਰਿਹਾ ਹੈ। ਸੂਬੇ ਦੀ ਅਮੀਰ ਵਿਰਾਸਤ ਦੀ ਬਹਾਲੀ ਅਤੇ ਸੈਰ-ਸਪਾਟੇ ਦੇ ਵਿਸਥਾਰ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਚੱਲਦਿਆਂ ਸਰਕਾਰ ਵੱਲੋਂ ਕਈ ਲੜੀਵਾਰ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਰਾਹੀਂ ਪੰਜਾਬ ਦੇ ਇਤਿਹਾਸ, ਅਮੀਰ ਸੱਭਿਆਚਾਰ ਅਤੇ ਅਧਿਆਤਮਕ ਵਿਰਾਸਤ ਨੂੰ ਬਾਖੂਬੀ ਢੰਗ ਨਾਲ ਦਰਸਾਇਆ ਗਿਆ ਹੈ।
ਪੰਜਾਬ ਸਰਕਾਰ ਨੇ ਫਤਿਹਗੜ੍ਹ ਸਾਹਿਬ ਵਿੱਚ ਦੀਵਾਨ ਟੋਡਰ ਮੱਲ ਦੇ ਇਤਿਹਾਸਕ ਨਿਵਾਸ ਸਥਾਨ ਜਹਾਜ਼ ਹਵੇਲੀ ਦੀ ਮੁੜ ਬਹਾਲੀ ਸ਼ੁਰੂ ਕਰਕੇ ਸਿੱਖ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਦੀਵਾਨ ਟੋਡਰ ਮੱਲ, ਜਿਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੇ ਸਸਕਾਰ ਲਈ ਜ਼ਮੀਨ ਖਰੀਦੀ ਸੀ, ਦੀ ਹਵੇਲੀ ਨੂੰ ਇਸਦੀ ਪੁਰਾਣੀ ਦਿੱਖ ਦੇਣ ਲਈ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ, ਪੰਜਾਬ ਆਪਣੀ ਦੇਖਰੇਖ ਹੇਠ ਕਾਰਜ ਕਰ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇਸ਼ ਭਰ ‘ਚੋਂ ਫਾਰਮ ਸਟੇ ਸੈਰ-ਸਪਾਟੇ ਦੇ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ, ਜੋ ਸੈਰ-ਸਪਾਟੇ ਦੇ ਮੁਹਾਂਦਰੇ ਨੂੰ ਵੀ ਬਦਲ ਰਿਹਾ ਹੈ। ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀ, ਪੇਂਡੂ ਅਤੇ ਫਾਰਮ ਟੂਰਿਜ਼ਮ ਨੂੰ ਵਿਕਸਤ ਕਰਨ ਲਈ ਵੱਡੇ ਪੱਧਰ 'ਤੇ ਕੰਮ ਕਰ ਰਹੀ ਹੈ ਜਿਸਦੇ ਨਤੀਜੇ ਵਜੋਂ, ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਹੰਸਾਲੀ ਪਿੰਡ ਨੂੰ ਸਤੰਬਰ 2024 ‘ਚ ਭਾਰਤ ਦਾ ਸਭ ਤੋਂ ਉੱਤਮ ਪਿੰਡ ਚੁਣਿਆ ਗਿਆ ਸੀ। ਖੇਤੀਬਾੜੀ ਸੈਰ-ਸਪਾਟਾ ਨਾ ਸਿਰਫ਼ ਸਥਾਨਕ ਆਰਥਿਕਤਾ ਲਈ ਲਾਭਦਾਇਕ ਹੈ ਬਲਕਿ ਇਸ ਨਾਲ ਕਿਸਾਨਾਂ ਦੀ ਆਮਦਨ ਵੀ ਵਧਦੀ ਹੈ, ਜਿਸ ਨਾਲ ਸੈਰ-ਸਪਾਟਾ ਖੇਤਰ ਵਿੱਚ ਨਵੇਂ ਮੌਕੇ ਪੈਦਾ ਹੁੰਦੇ ਹਨ।
ਸੈਰ ਸਪਾਟਾ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਵਿੱਚ ਕਈ ਪਵਿੱਤਰ ਅਸਥਾਨ, ਸ਼ਹੀਦਾਂ ਦੇ ਪਿੰਡ, ਜਲ ਸਰੋਤ ਅਤੇ ਅਣਪਛਾਣੇ ਸੈਰ-ਸਪਾਟਾ ਸਥਾਨ ਹਨ। ਪੰਜਾਬ ਸਰਕਾਰ ਨੇ ਅੱਜ ਯਾਨੀ 27 ਫਰਵਰੀ ਨੂੰ, ਜ਼ਿਲ੍ਹਾ ਰੂਪਨਗਰ ਦੀ ਪਵਿੱਤਰ ਧਰਤੀ ਸ੍ਰੀ ਚਮਕੌਰ ਸਾਹਿਬ ਵਿਖੇ ਕਿਸ਼ਤੀ ਅਤੇ ਪਾਣੀ ਵਾਲੀਆਂ ਸਾਹਸੀ ਗਤੀਵਿਧੀਆਂ (ਦਾਸਤਾਨ ਏ ਸ਼ਹਾਦਤ ਦੇ ਸਾਹਮਣੇ) ਵੀ ਸ਼ੁਰੂ ਕੀਤੀਆਂ ਹਨ।
ਸੌਂਦ ਨੇ ਦੱਸਿਆ ਕਿ ਹਾਲ ਹੀ ਵਿੱਚ, ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਏ ਗਏ ਇੰਡੀਆ ਇੰਟਰਨੈਸ਼ਨਲ ਟ੍ਰੇਡ ਫੇਅਰ (ਆਈ.ਆਈ.ਟੀ.ਐਫ.) 2024 ਵਿੱਚ ਪੰਜਾਬ ਦਿਵਸ ਸਮਾਰੋਹ ਮਨਾਇਆ ਗਿਆ ਸੀ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਰਾਜ ਨੂੰ "ਰੰਗਲਾ ਪੰਜਾਬ" ਬਣਾਉਣ ਲਈ ਚੱਲ ਰਹੇ ਯਤਨਾਂ ਨੂੰ ਉਜਾਗਰ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਇਸ ਮੰਚ ਰਾਹੀਂ ਪੰਜਾਬ ਟੂਰਿਜ਼ਮ, ਮਾਰਕਫੈੱਡ, ਵੇਰਕਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਰਗੇ ਵਿਭਾਗਾਂ ਦੇ ਵੱਖ-ਵੱਖ ਸਟਾਲਾਂ ਰਾਹੀਂ ਪੰਜਾਬ ਦੇ ਅਮੀਰ ਸੱਭਿਆਚਾਰ, ਵਿਰਾਸਤ, ਉਦਯੋਗਿਕ ਵਿਕਾਸ, ਖੇਤੀਬਾੜੀ ਨਵੀਨਤਾਵਾਂ, ਦਸਤਕਾਰੀ ਅਤੇ ਰਵਾਇਤੀ ਪਕਵਾਨਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਸੀ।
ਇਸ ਸਮਾਗਮ ਵਿੱਚ ਹੋਟਲ ਅਤੇ ਪ੍ਰਾਹੁਣਚਾਰੀ ਉਦਯੋਗਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਸੱਦਾ ਦਿੱਤਾ ਗਿਆ, ਜਿਸ ਵਿੱਚ ਖੇਤੀਬਾੜੀ ਟੂਰਿਜ਼ਮ, ਐਡਵੈਂਚਰ ਟੂਰਿਜ਼ਮ, ਪੇਂਡੂ ਸੈਰ-ਸਪਾਟਾ ਅਤੇ ਸੱਭਿਆਚਾਰਕ ਸੈਰ-ਸਪਾਟੇ ਵਿੱਚ ਨਿਵੇਸ਼ ਲਈ ਸੂਬੇ ਦੇ ਉਸਾਰੂ ਕਾਰੋਬਾਰੀ ਮਾਹੌਲ ਨੂੰ ਉਜਾਗਰ ਕੀਤਾ ਗਿਆ ਸੀ।
ਸੈਰ-ਸਪਾਟਾ ਅਤੇ ਡੈਸਟੀਨੇਸ਼ਨ ਵੈਡਿੰਗਜ਼ ਨੂੰ ਹੁਲਾਰਾ ਦੇਣ ਲਈ ਇੱਕ ਮਹੱਤਵਪੂਰਨ ਕਦਮ ਵਜੋਂ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦੇ ਕਿਲ੍ਹਾ ਮੁਬਾਰਕ ਦੇ ਅੰਦਰ ਸ਼ਾਨਦਾਰ ਢੰਗ ਨਾਲ ਡਿਜ਼ਾਈਨ ਕੀਤੇ ਗਏ ਵਿਰਾਸਤੀ ਹੋਟਲ 'ਰਨ ਬਾਸ' ਦਾ ਵੀ ਉਦਘਾਟਨ ਕੀਤਾ ਸੀ।