Arvind Kejriwal News: ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਉਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
Trending Photos
Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਉਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਕਾਬਿਲੇਗੌਰ ਹੈ ਕਿ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਸਿਖਰਲੀ ਅਦਾਲਤ ਨੇ ਕਿਹਾ ਕਿ ਦੋਵੇਂ ਧਿਰਾਂ ਇੱਕ ਹਫ਼ਤੇ ਵਿੱਚ ਲਿਖਤੀ ਦਲੀਲਾਂ ਜਮ੍ਹਾਂ ਕਰਵਾ ਸਕਦੀਆਂ ਹਨ।
ਅਦਾਲਤ ਨੇ ਗ੍ਰਿਫਤਾਰੀ ਦੀ ਕਾਨੂੰਨੀ ਜਾਂ ਗ਼ੈਰਕਾਨੂੰਨੀ ਉਤੇ ਆਦੇਸ਼ ਸੁਰੱਖਿਅਤ ਰੱਖਦੇ ਹੋਏ ਕਿਹਾ ਕਿ ਕੇਜਰੀਵਾਲ ਚਹਾਉਣ ਤਾਂ ਹੇਠਲੀ ਅਦਾਲਤ ਵਿੱਚ ਰੈਗੂਲਰ ਜ਼ਮਾਨਤ ਲਈ ਅਰਜ਼ੀ ਲਗਾ ਸਕਦੇ ਹਨ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਨੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਐਡੀਸ਼ਨਲ ਸਾਲਿਸਟਰ ਜਨਰਲ ਐਸਵੀ ਰਾਜੂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਸਿੰਘਵੀ ਕੇਜਰੀਵਾਲ ਵੱਲੋਂ ਅਦਾਲਤ ਵਿੱਚ ਪੈਰਵੀ ਕਰਦੇ ਹੋਏ ਨਜ਼ਰ ਆਏ। ਇਸ ਤੋਂ ਇਲਾਵਾ ਈਡੀ ਵੱਲੋਂ ਰਾਜੂ ਨੇ ਦਲੀਲਾਂ ਦਿੱਤੀਆਂ।
ਜੇਕਰ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਜਾਂ ਰਿਹਾਈ ਨਹੀਂ ਮਿਲਦੀ ਤਾਂ 4 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਪਹਿਲਾਂ 2 ਜੂਨ ਨੂੰ ਉਨ੍ਹਾਂ ਨੂੰ ਜੇਲ੍ਹ ਵਿੱਚ ਆਤਮ ਸਮਰਪਣ ਕਰਨਾ ਪਵੇਗਾ। ਦੂਜੇ ਪਾਸੇ ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਇਕ ਵਾਰ ਫਿਰ ਕਿਹਾ ਹੈ ਕਿ 'ਆਪ' ਵੀ ਇਸ ਮਾਮਲੇ 'ਚ ਮਨੀ ਲਾਂਡਰਿੰਗ ਦੀ ਦੋਸ਼ੀ ਹੈ। ਈਡੀ ਦੇ ਵਕੀਲ ਨੇ ਇਹ ਵੀ ਕਿਹਾ ਹੈ ਕਿ ਉਹ ਅੱਜ ਹੀ ਪਾਰਟੀ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕਰਨਗੇ।
ਈਡੀ ਨੇ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਕਿ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ (ਆਪ) ਨੂੰ ਮੁਲਜ਼ਮ ਬਣਾਇਆ ਗਿਆ ਹੈ। ਇਸ ਤੋਂ ਥੋੜ੍ਹੀ ਦੇਰ ਬਾਅਦ ਈਡੀ ਦੀ ਇੱਕ ਟੀਮ ਦਿੱਲੀ ਦੇ ਰਾਊਜ਼ ਐਵੇਨਿਊ ਕੋਰਟ ਵਿੱਚ ਪੁੱਜੀ ਤੇ ਸ਼ਰਾਬ ਨੀਤੀ ਮਾਮਲੇ 'ਚ 8ਵੀਂ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ।
ਕਾਬਿਲੇਗੌਰ ਹੈ ਕਿ ਜਾਂਚ ਏਜੰਸੀ ਨੇ 21 ਮਾਰਚ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। 10 ਮਈ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 21 ਦਿਨਾਂ ਲਈ ਯਾਨੀ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਉਨ੍ਹਾਂ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ