Hoshiarpur News: ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਸ਼ਿਮਲਾਪੁਰੀ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
Trending Photos
Hoshiarpur News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਵਜੋਂ ਤਾਇਨਾਤ ਮਾਲ ਵਿਭਾਗ ਦੇ ਕਰਮਚਾਰੀ ਆਲੋਕ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਸ਼ਿਮਲਾਪੁਰੀ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਸਰਫੇਸੀ ਕਾਨੂੰਨ ਅਧੀਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾਂ ਤਹਿਤ ਨਾਇਬ ਤਹਿਸੀਲਦਾਰ ਵੱਲੋਂ ਉਸਦੀ ਫਰਮ ਨੂੰ ਇਕ ਜਾਇਦਾਦ ਦਾ ਕਬਜ਼ਾ ਦਿਵਾਇਆ ਗਿਆ ਸੀ ਅਤੇ ਇਸ ਕਬਜ਼ੇ ਦੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣ ਬਦਲੇ ਉਕਤ ਰੀਡਰ ਨੇ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ 'ਤੇ ਉਕਤ ਮੁਲਜ਼ਮ 8000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਵਿੱਚ ਹੋਰ ਵਿਅਕਤੀਆਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।